ਖੇਤੀ ਕਾਨੂੰਨਾਂ ਦੀ ਵਾਪਸੀ ਦਾ ਐਲਾਨ ਹੁੰਦਿਆਂ ਹੀ ਕੈਪਟਨ ਨੇ ਖੋਲ੍ਹੇ ਆਪਣੇ ਪੱਤੇ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਣ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਤੇ ਕੇਂਦਰੀ ਕੈਬਨਿਟ ਦਾ ਧੰਨਵਾਦ ਕੀਤਾ ਹੈ। ਜਾਰੀ ਵੀਡੀਓ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਵਲੋਂ ਇਹ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਗੁਰੂ ਨਾਨਕ ਸਾਹਿਬ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਧਿਰਾਂ ਕਿਸਾਨ ਅੰਦੋਲਨ ਦੌਰਾਨ ਕਿਸਾਨੀ ਨਾਲ ਸੰਬੰਧਿਤ ਇਸ ਮਸਲੇ ਨੂੰ ਸਿੱਖ ਬਨਾਮ ਭਾਰਤ ਸਰਕਾਰ ਤੇ ਸਿੱਖ ਬਨਾਮ ਹਿੰਦੂ ਬਣਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀਆਂ ਸਨ।

ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ 700 ਵੱਧ ਕਿਸਾਨ ਪਰਿਵਾਰਾਂ ਦੀਆਂ ਕੁਰਬਾਨੀਆਂ, ਜਿਨ੍ਹਾਂ ਦੇ ਮੈਂਬਰਾਂ ਨੇ ਇਨਸਾਫ਼ ਲਈ ਇਸ ਸੰਘਰਸ਼ ‘ਚ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ, ਦਾ ਮੁੱਲ ਪੈ ਗਿਆ ਹੈ। ਅੱਜ ਸੱਚ, ਨਿਆ ਅਤੇ ਅਹਿੰਸਾ ਦੀ ਜਿੱਤ ਹੋਈ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਸੀ ਕੀ ਪ੍ਰਧਾਨ ਮੰਤਰੀ ਨੇ ਖੇਤੀ ਸੁਧਾਰ ਦੇ ਨਜ਼ਰੀਏ ਤੋਂ ਤਿੰਨ ਖੇਤੀ ਕਾਨੂੰਨ ਲਿਆਂਦੇ ਸਨ। ਮੈਨੂੰ ਦੁੱਖ ਹੈ ਕਿ ਅਸੀਂ ਦੇਸ਼ ਦੇ ਕੁਝ ਕਿਸਾਨਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਦੇ ਲਾਭਾਂ ਬਾਰੇ ਯਕੀਨ ਦਿਵਾਉਣ ਵਿਚ ਕਾਮਯਾਬ ਨਹੀਂ ਹੋਏ। ਉਨ੍ਹਾਂ ਦਾ ਕਹਿਣਾ ਸੀ ਕੀ ਅਸੀਂ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਬਾਰੇ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਅਸੀਂ ਸਫਲ ਨਹੀਂ ਹੋਏ |

ਕੈਪਟਨ ਅਮਰਿੰਦਰ ਸਿੰਘ ਤੋਂ ਜੱਦ ਇਹ ਪੁੱਛਿਆ ਗਿਆ ਕਿ ਕੀ ਹੁਣ ਉਨ੍ਹਾਂ ਦੀ ਪਾਰਟੀ ਭਾਜਪਾ ਨਾਲ ਆਪਣੀਆਂ ਸੀਟਾਂ ਸਾਂਝੀਆਂ ਕਰੇਗੀ ਤਾਂ ਇਸ ‘ਤੇ ਉਨ੍ਹਾਂ ਦਾ ਕਹਿਣਾ ਸੀ ਕੀ ਅਸੀਂ ਪਹਿਲਾਂ ਹੀ ਭਾਜਪਾ ਨੂੰ ਇਹ ਕਿਹਾ ਸੀ ਕੀ ਜੇਕਰ ਉਹ ਕਿਸਾਨੀ ਮੁੱਦਾ ਹੱਲ ਕਰਦੇ ਹਨ ਤਾਂ ਅਸੀਂ ਉਨ੍ਹਾਂ ਨਾਲ ਆਪਣੀਆਂ ਸੀਟਾਂ ਸਾਂਝੀਆਂ ਕਰਾਂਗੇ |

ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ “ਲੋਕਤੰਤਰ ਦੀ ਜਿੱਤ” ਹੈ ਅਤੇ ਕੇਂਦਰ ਦਾ ਇਹ ਕਦਮ ਪੰਜਾਬ ਦੇ ਕਿਸਾਨਾਂ ਲਈ ਚੰਗਾ ਹੋਵੇਗਾ |ਕੇਂਦਰ ਦੇ ਫ਼ੈਸਲੇ ‘ਤੇ ਅਕਾਲੀ ਦਲ ਦੇ ਨਰੇਸ਼ ਗੁਜਰਾਲ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਦੀ ‘ਇਹ ਸਿਆਸੀ ਮਜ਼ਬੂਰੀ ਸੀ’ |

ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛੇ ਜਾਣ ‘ਤੇ ਕਿ ਕਿਸਾਨ ਅਜੇ ਵੀ ਧਰਨੇ ‘ਤੇ ਬੈਠੇ ਹਨ ਤਾਂ ਕੈਪਟਨ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਨੇ ਮੁਆਫ਼ੀ ਮੰਗੀ ਹੈ ਅਤੇ ਹੁਣ ਤੋਂ 10 ਦਿਨ ਬਾਅਦ 29 ਨਵੰਬਰ ਨੂੰ ਬੈਠਕ ਹੋਵੇਗੀ, ਬਿੱਲ ਲਿਆਂਦਾ ਜਾਵੇਗਾ ਅਤੇ ਕਾਨੂੰਨ ਰੱਦ ਕਰ ਦਿੱਤੇ ਜਾਣਗੇ। ਕੈਪਟਨ ਦਾ ਕਹਿਣਾ ਸੀ ਕਿ ਮਾਮਲਾ ਹੀ ਖ਼ਤਮ ਹੋ ਜਾਵੇਗਾ, ਇਸ ਲਈ ਹੁਣ ਬੈਠਣ ਦਾ ਕੀ ਫ਼ਾਇਦਾ ਹੈ |
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਕੇ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਤੋਹਫ਼ਾ ਦਿੱਤਾ ਹੈ ਅਤੇ ਸਿੱਧ ਕਰ ਦਿੱਤਾ ਹੈ ਉਹ ਕਿਸਾਨਾਂ ਅਤੇ ਸਿੱਖਾਂ ਦੇ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਅਤੇ ਭਾਜਪਾ ਦੀ ਸਾਬਕਾ ਪੰਜਾਬ ਪ੍ਰਧਾਨ ਸ਼ਵੇਤਾ ਮਲਿਕ ਵੱਲੋਂ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲਿਕ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਿੱਖ ਵਿਰੋਧੀ ਰਹੀ ਹੈ। ਜਦੋਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਮੇਸ਼ਾ ਹੀ ਸਿੱਖ ਹਿਤੈਸ਼ੀ ਹੋਣ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਭਾਜਪਾਈ ਆਗੂ ਗੁਰਜੀਤ ਸਿੰਘ ਕੋਹਲੀ ,ਹਰਿੰਦਰ ਕੋਹਲੀ , ਗੁਰਤੇਜ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਪਾਤਸ਼ਾਹੀ ਪਹਿਲੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੀਤਾ ਇਹ ਐਲਾਨ ਸਮੂਹ ਪੰਜਾਬੀਆਂ ਤੇ ਸੰਘਰਸ਼ਮਈ ਕਿਸਾਨਾਂ ਲਈ ਵੱਡੀ ਰਾਹਤ ਦੀ ਗੱਲ ਹੈ |
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਦਲਣ ਦਾ ਫ਼ੈਸਲਾ ਦੋ ਸਾਲ ਪਹਿਲਾਂ ਹੀ ਹੋ ਚੁੱਕਾ ਸੀ ਪਰ ਕੋਰੋਨਾ ਕਰਕੇ ਇਸ ਫ਼ੈਸਲੇ ਵਿਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਪਾਰਟੀ ਇਕਜੁੱਟ ਹੈ ਅਤੇ ਸਾਰੇ ਮਿਲ ਕੇ ਹੀ ਵਿਧਾਨ ਸਭਾ ਚੋਣਾਂ ਲੜਨਗੇ। ਚੌਧਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੈਪਟਨ ਦੀ ਕਾਂਗਰਸ ਵਿੱਚ ਵਾਪਸੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪੱਤਰਕਾਰਾਂ ਵਲੋਂ ਪੁੱਛੇ ਗਏ ਜ਼ਿਆਦਾਤਰ ਸਵਾਲ ਦੇ ਜਵਾਬ ਚੌਧਰੀ ਟਾਲਦੇ ਹੀ ਨਜ਼ਰ ਆਏ ਅਤੇ ਜਲਦ ਹੀ ਉੱਠ ਕੇ ਚਲੇ ਗਏ।